ਉਮਰ ਕੈਦ ਦੀ ਸਜ਼ਾ ਨੂੰ ਹਾਈ ਕੋਰਟ ਵਿਚ ਦਿੱਤੀ ਚੁਣੌਤੀ ਰਾਮ ਰਹੀਮ ਨੇ
1 min read
ਡੇਰਾ ਮੁਖੀ ਰਾਮ ਰਹੀਮ ਨੇ ਰਣਜੀਤ ਸਿੰਘ ਕਤਲ ਕਾਂਡ ਵਿਚ ਪੰਚਕੂਲਾ ਦੀ ਸੀਬੀਆਈ ਅਦਾਲਤ ਵੱਲੋਂ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਦੱਸ ਦਈਏ ਕਿ ਰਣਜੀਤ ਸਿੰਘ ਕਤਲ ਕੇਸ ਦੀ ਪੰਚਕੂਲਾ ਦੀ ਸੀਬੀਆਈ ਅਦਾਲਤ ਵਿੱਚ ਸੁਣਵਾਈ ਹੋਈ ਸੀ, ਜਿਸ ਵਿੱਚ ਸੀਬੀਆਈ ਅਦਾਲਤ ਨੇ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ।ਹੁਣ ਰਾਮ ਰਹੀਮ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਅਪੀਲ ਦਾਇਰ ਕਰਕੇ ਕਿਹਾ ਹੈ ਕਿ ਉਸ ਨੂੰ ਇਸ ਮਾਮਲੇ ਵਿੱਚ ਗਲਤ ਸਜ਼ਾ ਸੁਣਾਈ ਗਈ ਹੈ। ਇਸ ਲਈ ਉਸ ਦੀ ਸਜ਼ਾ ਮੁਆਫ਼ ਹੋਣੀ ਚਾਹੀਦੀ ਹੈ। ਦੱਸ ਦਈਏ ਕਿ ਜਦੋਂ ਪੰਚਕੂਲਾ ਦੀ ਸੀਬੀਆਈ ਅਦਾਲਤ ਵਿੱਚ ਰਣਜੀਤ ਸਿੰਘ ਕਤਲ ਕੇਸ ਚੱਲ ਰਿਹਾ ਸੀ ਤਾਂ ਰਣਜੀਤ ਸਿੰਘ ਦੇ ਪੁੱਤਰ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਸੀਬੀਆਈ ਜੱਜ ਨੂੰ ਬਦਲਿਆ ਜਾਣਾ ਚਾਹੀਦਾ ਹੈ ਕਿਉਂਕਿ ਉਸ ਨੂੰ ਡਰ ਹੈ ਕਿ ਉਹ ਰਾਮ ਰਹੀਮ ਤੋਂ ਪ੍ਰਭਾਵਿਤ ਹੋ ਸਕਦਾ ਹੈ ਅਤੇ ਉਸ ਨੂੰ ਇਨਸਾਫ਼ ਨਹੀਂ ਮਿਲੇਗਾ।
ਇਸ ‘ਤੇ ਹਾਈਕੋਰਟ ਨੇ ਸੀਬੀਆਈ ਜੱਜ ਅਤੇ ਸੀਬੀਆਈ ਤੋਂ ਜਵਾਬ ਵੀ ਮੰਗਿਆ ਸੀ। ਜਵਾਬ ਮਿਲਣ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਨੇ ਰਣਜੀਤ ਸਿੰਘ ਦੇ ਬੇਟੇ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਤੋਂ ਬਾਅਦ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।
ਹੁਣ ਦੇਖਣਾ ਹੋਵੇਗਾ ਕਿ ਸੋਮਵਾਰ ਨੂੰ ਰਾਮ ਰਹੀਮ ਦੀ ਇਸ ਅਪੀਲ ‘ਤੇ ਪੰਜਾਬ ਹਾਈਕੋਰਟ ਦਾ ਕੀ ਸਟੈਂਡ ਹੁੰਦਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਮ ਰਹੀਮ ਦੇ ਪ੍ਰੋਡਕਸ਼ਨ ਵਾਰੰਟ ਮਾਮਲੇ ‘ਚ ਪੰਜਾਬ ਸਰਕਾਰ ਨੇ ਵੀ ਜਵਾਬ ਦਾਇਰ ਕਰਦੇ ਹੋਏ ਕਿਹਾ ਸੀ ਕਿ ਗਵਾਹਾਂ ਦੇ ਬਿਆਨਾਂ ਮੁਤਾਬਕ ਡੇਰੇ ‘ਚ ਬੇਅਦਬੀ ਦੇ ਮਾਮਲਿਆਂ ਦੀ ਸਾਜ਼ਿਸ਼ ਰਚੀ ਗਈ ਹੈ। ਇਸ ਲਈ ਐਸਆਈਟੀ ਰਾਮ ਰਹੀਮ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ। ਮਾਮਲੇ ਦੀ ਸੁਣਵਾਈ 22 ਦਸੰਬਰ ਨੂੰ ਹਾਈ ਕੋਰਟ ਵਿੱਚ ਤੈਅ ਕੀਤੀ ਗਈ ਹੈ।
