ਚੰਨੀ ਸਰਕਾਰ ਦੀ ਘੇਰੇਬੰਦੀ; ਕਿਸਾਨਾਂ ਨੇ ਮੁੜ ਲਾਏ ਡੀਸੀ ਦਫ਼ਤਰਾਂ ਅੱਗੇ ਪੱਕੇ ਮੋਰਚੇ
1 min read
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ। ਅੱਜ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਧਰਨੇ ਆਰੰਭ ਕਰ ਦਿੱਤੇ ਗਏ ਹਨ। ਜਥੇਬੰਦੀ ਦਾ ਕਹਿਣਾ ਹੈ ਕਿ ਇਹ ਧਰਨੇ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਸਮੇਤ ਜਲੰਧਰ, ਤਰਨ ਤਾਰਨ, ਗੁਰਦਾਸਪੁਰ ਅਤੇ ਹੋਰ ਆਪਣੇ ਪ੍ਰਭਾਵ ਵਾਲੇ ਜ਼ਿਲ੍ਹਿਆਂ ਵਿੱਚ ਲਗਾਤਾਰ 5 ਦਿਨ ਪਰ ਰਾਤ ਚੱਲਣਗੇ।
ਜਥੇਬੰਦੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਖਿਲਾਫ਼ ਕੀਤੇ ਹੋਏ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ ਅਜਿਹਾ ਅੰਦੋਲਨ ਬਹੁਤ ਸਮਾਂ ਪਹਿਲਾਂ ਚਲਾਇਆ ਜਾਣਾ ਸੀ, ਪਰ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਚੱਲ ਰਹੇ ਅੰਦੋਲਨ ਕਾਰਨ ਨਹੀਂ ਆਰੰਭਿਆ ਜਾ ਸਕਿਆ ਸੀ।
ਆਗੂਆਂ ਨੇ ਕਿਹਾ ਕਿ ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਤਬਾਹੀ ਅਤੇ ਗੜੇਮਾਰੀ ਨਾਲ ਝੋਨੇ ਤੇ ਹੋਰ ਫ਼ਸਲਾਂ ਦੀ ਤਬਾਹੀ ਦਾ ਮੁਆਵਜ਼ਾ 17000 ਰੁਪਏ ਪ੍ਰਤੀ ਏਕੜ ਤੇ ਇਸਦਾ 10% ਖੇਤ ਮਜ਼ਦੂਰਾਂ ਨੂੰ ਤੁਰੰਤ ਅਦਾ ਕਰਨ ਅਤੇ ਬਾਕੀ ਮੰਗਾਂ ਨੂੰ ਪੂਰਾ ਕੀਤਾ ਜਾਵੇ।
ਕਿਸਾਨਾਂ ਵੱਲੋਂ ਸ਼ੁਰੂ ਕੀਤੇ ਇਸ ਅੰਦੋਲਨ ਨੇ ਇੱਕ ਵਾਰ ਫਿਰ ਸੂਬਾ ਸਰਕਾਰ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਿੱਚ ਕਿਸਾਨ ਸਫ਼ਲ ਰਹੇ ਹਨ। ਕਿਸਾਨਾਂ ਦੀਆਂ ਅਜੇ ਵੀ ਬਹੁਤ ਸਾਰੀਆਂ ਮੰਗਾਂ ਹਨ, ਉਹ ਅਹਿਮ ਹਨ ਅਤੇ ਉਨ੍ਹਾਂ ਨੂੰ ਉਠਾਉਣ ਦੀ ਲੋੜ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਕਰਜ਼ ਮੁਆਫੀ ਸਣੇ ਕਈ ਵਾਅਦੇ ਕੀਤੇ ਸਨ ਪਰ ਪੂਰਾ ਕੋਈ ਨਹੀਂ ਕੀਤਾ, ਜਿਸ ਨੂੰ ਲੈ ਕੇ ਸਰਕਾਰ ਦੀ ਘੇਰੇਬੰਦੀ ਕੀਤੀ ਜਾਵੇਗੀ।
