July 1, 2022

Aone Punjabi

Nidar, Nipakh, Nawi Soch

ਤਰਸ ਦੇ ਆਧਾਰ ’ਤੇ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ : ਪਰਗਟ ਸਿੰਘ

1 min read

ਸਿੱਖਿਆ ਮੰਤਰੀ ਪਰਗਟ ਸਿੰਘ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਮ੍ਰਿਤਕ ਮੁਲਾਜ਼ਮਾਂ ਦੇ ਯੋਗ ਵਾਰਸਾਂ ਨੂੰ ਤਰਸ ਦੇ ਆਧਾਰ ’ਤੇ ਨੌਕਰੀਆਂ ਦੇਣ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਇਸ ਲਈ ਸਮਾਂ ਹੱਦ ਹੋਰ ਘੱਟ ਕੀਤੀ ਜਾਵੇ। ਸਿੱਖਿਆ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜ 26 ਮ੍ਰਿਤਕ ਸਟਾਫ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀ ਪੱਤਰ ਸੌਂਪਣ ਮੌਕੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਦੁੱਖ ਦੀ ਘਡ਼ੀ ਵਿਚ ਅਜਿਹੇ ਪਰਿਵਾਰਾਂ ਦੀ ਮਦਦ ਕਰਨਾ ਸਰਕਾਰ ਦਾ ਨੈਤਿਕ ਫ਼ਰਜ਼ ਹੈ। ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿਚ ਇਕ ਮਿਸਟ੍ਰੈਸ, 7 ਕਲਰਕ, 4 ਐੱਸਐੱਲਏ, 12 ਸੇਵਾਦਾਰ ਤੇ 2 ਚੌਕੀਦਾਰ ਸ਼ਾਮਲ ਸਨ।

ਉਨ੍ਹਾਂ ਇਸ ਮੌਕੇ ਕੁਝ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰ ਕੇ ਫੀਡਬੈਕ ਲੈਂਦਿਆਂ ਉਨ੍ਹਾਂ ਨੂੰ ਪੁੱਛਿਆ ਕਿ ਨੌਕਰੀ ਹਾਸਲ ਕਰਨ ਲਈ ਕੋਈ ਮੁਸ਼ਕਲ ਹੋਈ ਜਾਂ ਕਿੰਨਾਂ ਸਮਾਂ ਲੱਗਿਆ। ਇਸ ਗੱਲਬਾਤ ’ਤੇ ਤਸੱਲੀ ਪ੍ਰਗਟਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਤਸੱਲੀ ਹੋਈ ਕਿ ਜ਼ਿਆਦਾਤਰ ਮਾਮਲਿਆਂ ਵਿਚ ਵਿਭਾਗ ਹਮਦਰਦੀ ਨਾਲ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਹੋਰ ਸਰਲ ਅਤੇ ਸੁਚਾਰੂ ਬਣਾਉਣ ਦੀ ਲੋਡ਼ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ।ਪਰਗਟ ਸਿੰਘ ਨੇ ਕਿਹਾ ਕਿ ਆਪਣੇ ਪਰਿਵਾਰਕ ਮੈਂਬਰਾਂ ਦੀ ਮੌਤ ਕਾਰਨ ਇਨ੍ਹਾਂ ਲਾਭਪਾਤਰੀਆਂ ਨੂੰ ਪਹਿਲਾਂ ਹੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਦੁਖੀ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਵਧਾਉਣ ਦੀ ਬਜਾਏ ਉਨ੍ਹਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਅਜੀਜ਼ਾਂ ਨੂੰ ਗੁਆਉਣ ਦੇ ਸਦਮੇ ਤੋਂ ਉਭਰ ਸਕਣ।

Leave a Reply

Your email address will not be published. Required fields are marked *