ਤ੍ਰਿਪੁਰਾ ‘ਚ TMC ਆਗੂ ਤੇ ਅਦਾਕਾਰਾ ਸਯਾਨੀ ਘੋਸ਼ ਕਤਲ ਦੀ ਕੋਸ਼ਿਸ਼ ਦੇ ਦੋਸ਼ ‘ਚ ਗ੍ਰਿਫ਼ਤਾਰ
1 min read
ਤ੍ਰਿਪੁਰਾ ਪੁਲਿਸ ਨੇ ਐਤਵਾਰ ਨੂੰ ਪੱਛਮੀ ਬੰਗਾਲ ਦੀ ਤ੍ਰਿਣਮੂਲ ਕਾਂਗਰਸ (TMC) ਨੇਤਾ ਅਤੇ ਟਾਲੀਵੁੱਡ ਅਦਾਕਾਰਾ ਸਯਾਨੀ ਘੋਸ਼ (Saayoni Ghosh) ਨੂੰ ਕਤਲ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਘੋਸ਼ ‘ਤੇ ਸ਼ਨੀਵਾਰ ਰਾਤ ਨੂੰ ਇੱਕ ਗਲੀ ਮੀਟਿੰਗ ਦੌਰਾਨ ਮੁੱਖ ਮੰਤਰੀ ਬਿਪਲਬ ਕੁਮਾਰ ਦੇਬ ਨੂੰ ਧਮਕੀ ਦੇਣ ਦਾ ਦੋਸ਼ ਹੈ। ਤ੍ਰਿਣਮੂਲ ਕਾਂਗਰਸ ਦੀ ਪੱਛਮੀ ਬੰਗਾਲ ਇਕਾਈ ਦੇ ਯੂਥ ਵਿੰਗ ਦੇ ਸਕੱਤਰ ਸਯਾਨੀ ਘੋਸ਼ ਨੂੰ ਟੀਐਮਸੀ ਦੇ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਦੇ ਦੌਰੇ ਤੋਂ 24 ਘੰਟੇ ਪਹਿਲਾਂ ਹਿਰਾਸਤ ਵਿੱਚ ਲੈਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਸੀ। ਘੋਸ਼ ਨੂੰ ਪੁੱਛਗਿੱਛ ਲਈ ਥਾਣੇ ਬੁਲਾਇਆ ਗਿਆ।
ਉਪ-ਮੰਡਲ ਪੁਲਿਸ ਅਧਿਕਾਰੀ (ਸਦਰ) ਰਮੇਸ਼ ਯਾਦਵ ਨੇ ਦੱਸਿਆ ਕਿ ਸਯਾਨੀ ਘੋਸ਼ ਨੂੰ ਮੁੱਖ ਮੰਤਰੀ ਵਿਰੁੱਧ ਕੀਤੀ ਗਈ ਟਿੱਪਣੀ ਲਈ ਆਈਪੀਸੀ ਦੀ ਧਾਰਾ 307 (ਕਤਲ ਦੀ ਕੋਸ਼ਿਸ਼), ਧਾਰਾ 153ਏ (ਦੋ ਸਮੂਹਾਂ ਵਿਚਕਾਰ ਦੁਸ਼ਮਣੀ ਨੂੰ ਵਧਾਵਾ) ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।
ਯਾਦਵ ਨੇ ਕਿਹਾ ਕਿ ਘੋਸ਼ ਅਤੇ ਉਨ੍ਹਾਂ ਦੇ ਨਾਲ ਆਏ ਕੁਝ ਲੋਕਾਂ ਨੇ ਮੁੱਖ ਮੰਤਰੀ ਦੀ ਬੈਠਕ ਦੌਰਾਨ ਕਥਿਤ ਤੌਰ ‘ਤੇ ਪਥਰਾਅ ਕੀਤਾ। ਇੱਕ ਅਧਿਕਾਰੀ ਨੇ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਪੀਟੀਆਈ ਨੂੰ ਦੱਸਿਆ ਕਿ ਭਾਜਪਾ ਦੇ ਇੱਕ ਵਰਕਰ ਨੇ ਘੋਸ਼ ‘ਤੇ ਸ਼ਨੀਵਾਰ ਰਾਤ ਨੂੰ ਮੁੱਖ ਮੰਤਰੀ ਬਿਪਲਬ ਕੁਮਾਰ ਦੇਬ ਦੀ ਗਲੀ ਵਿੱਚ ਹੋਈ ਮੀਟਿੰਗ ਵਿੱਚ ਵਿਘਨ ਪਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਘੋਸ਼ ਨੇ ਮੀਟਿੰਗ ਵਾਲੀ ਥਾਂ ‘ਤੇ ਪਹੁੰਚ ਕੇ ‘ਖੇਲਾ ਹੋਵੇ’ ਦੇ ਨਾਅਰੇ ਲਾਏ।
ਦੂਜੇ ਪਾਸੇ ਤ੍ਰਿਣਮੂਲ ਆਗੂਆਂ ਨੇ ਦੋਸ਼ ਲਾਇਆ ਕਿ ਪੂਰਬੀ ਅਗਰਤਲਾ ਮਹਿਲਾ ਥਾਣੇ ਦੇ ਬਾਹਰ ਭਾਜਪਾ ਸਮਰਥਕਾਂ ਵੱਲੋਂ ਉਨ੍ਹਾਂ ਦੇ ਵਰਕਰਾਂ ਦੀ ਕੁੱਟਮਾਰ ਕੀਤੀ ਗਈ। ਹਾਲਾਂਕਿ ਭਾਜਪਾ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਇੱਕ ਟਵੀਟ ਵਿੱਚ, ਅਭਿਸ਼ੇਕ ਬੈਨਰਜੀ ਨੇ ਤ੍ਰਿਪੁਰਾ ਦੀ ਭਾਜਪਾ ਸਰਕਾਰ ‘ਤੇ ਸਿਆਸੀ ਪਾਰਟੀਆਂ ਦੇ ਸ਼ਾਂਤੀਪੂਰਵਕ ਪ੍ਰਦਰਸ਼ਨ ਦੇ ਅਧਿਕਾਰਾਂ ‘ਤੇ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਦਾ ਦੋਸ਼ ਲਗਾਇਆ।
ਬੈਨਰਜੀ ਨੇ ਐਤਵਾਰ ਸਵੇਰੇ ਹੋਏ ਕਥਿਤ ਹਮਲੇ ਦਾ ਵੀਡੀਓ ਟਵਿੱਟਰ ‘ਤੇ ਸਾਂਝਾ ਕੀਤਾ ਅਤੇ ਮੁੱਖ ਮੰਤਰੀ ਬਿਪਲਬ ਦੇਬ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਾਡੇ ਸਮਰਥਕਾਂ ਅਤੇ ਮਹਿਲਾ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਬਜਾਏ ਉਹ ਲਗਾਤਾਰ ਗੁੰਡਿਆਂ ਨੂੰ ਹਮਲੇ ਲਈ ਭੇਜ ਰਹੇ ਹਨ। ਤ੍ਰਿਪੁਰਾ ਵਿੱਚ ਸੱਤਾਧਾਰੀ ਭਾਜਪਾ ਲੋਕਤੰਤਰ ਦਾ ਮਜ਼ਾਕ ਉਡਾ ਰਹੀ ਹੈ।
ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਤ੍ਰਿਪੁਰਾ ਪੁਲਿਸ ਨੂੰ ਇਹ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ ਸੀ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਨੂੰ ਸ਼ਾਂਤਮਈ ਢੰਗ ਨਾਲ ਚੋਣ ਪ੍ਰਚਾਰ ਕਰਨ ਦੇ ਅਧਿਕਾਰ ਤੋਂ ਇਨਕਾਰ ਨਾ ਕੀਤਾ ਜਾਵੇ। ਪੁਲਿਸ ਨੇ ਦੱਸਿਆ ਕਿ ਘੋਸ਼ ਤੋਂ ਪੁੱਛਗਿੱਛ ਦੌਰਾਨ ਥਾਣੇ ਦੇ ਬਾਹਰ ਇਕੱਠੇ ਹੋਏ ਲੋਕਾਂ ਦੇ ਇਕ ਸਮੂਹ ‘ਤੇ ਕੁਝ ਅਣਪਛਾਤੇ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਹਾਲਾਂਕਿ ਹਮਲੇ ‘ਚ ਕਿਸੇ ਨੂੰ ਸੱਟ ਨਹੀਂ ਲੱਗੀ ਹੈ।
