ਦਿੱਲੀ ਤੋਂ ਬਾਅਦ ਹੁਣ ‘ਪੰਜਾਬ ਫਤਹਿ’ ਦੀ ਤਿਆਰੀ! ਪਾਰਟੀ ਬਣਾ ਚੋਣ ਮੈਦਾਨ ਵਿਚ ਨਿੱਤਰ ਸਕਦੀਆਂ ਨੇ ਕਿਸਾਨ ਜਥੇਬੰਦੀਆਂ
1 min read

ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਦੇ ਖਿਲਾਫ ਪੰਜਾਬ, ਹਰਿਆਣਾ ਅਤੇ ਯੂ.ਪੀ ਸਮੇਤ ਹੋਰ ਥਾਵਾਂ ਤੋਂ ਕਿਸਾਨ 1 ਸਾਲ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਸਨ। ਹਾਲ ਹੀ ਵਿੱਚ ਕਿਸਾਨਾਂ ਦੀ ਇਸ ਨਾਰਾਜ਼ਗੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈ ਲਏ ਹਨ।
ਇਸ ਤੋਂ ਬਾਅਦ ਸਰਕਾਰ ਨੇ ਕਿਸਾਨਾਂ ਦੀਆਂ ਹੋਰ ਮੰਗਾਂ ਵੀ ਮੰਨ ਲਈਆਂ ਹਨ। ਹੁਣ ਕਿਸਾਨਾਂ ਨੇ ਆਪਣਾ ਅੰਦੋਲਨ ਮੁਲਤਵੀ ਕਰ ਦਿੱਤਾ ਹੈ ਅਤੇ ਘਰਾਂ ਨੂੰ ਪਰਤ ਰਹੇ ਹਨ। ਹੁਣ ਪੰਜਾਬ ਪਰਤਣ ਤੋਂ ਬਾਅਦ ਕਿਸਾਨਾਂ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਇਹ ਵੀ ਚਰਚਾ ਹੈ ਕਿ ਕਿਸਾਨ ਹੁਣ ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀ ਬਣਾ ਸਕਦੇ ਹਨ।

ਜੇਕਰ ਕਿਸਾਨਾਂ ਦੀ ਤਰਫੋਂ ਕੋਈ ਸਿਆਸੀ ਪਾਰਟੀ ਬਣਾਈ ਜਾਂਦੀ ਹੈ ਤਾਂ ਇਹ ਪਹਿਲਾਂ ਤੋਂ ਸਥਾਪਿਤ ਸਾਰੀਆਂ ਸਿਆਸੀ ਪਾਰਟੀਆਂ ਦੀ ਚਿੰਤਾ ਵਧਾ ਸਕਦੀ ਹੈ। ਕਿਸਾਨਾਂ ਦਾ ਇਹ ਕਦਮ ਦੂਜੀਆਂ ਪਾਰਟੀਆਂ ਦਾ ਚੋਣ ਗਣਿਤ ਵਿਗਾੜ ਸਕਦਾ ਹੈ।
ਜਲੰਧਰ ਆਲੂ ਉਤਪਾਦਕ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਸੰਘਾ ਨੇ ਵੀ ਇਸ ਸਬੰਧੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਹ ਕਹਿੰਦੇ ਹਨ, ‘ਅਸੀਂ ਇਸ ਸਬੰਧ ਵਿਚ ਸਰਗਰਮੀ ਨਾਲ ਕੰਮ ਕਰ ਰਹੇ ਹਾਂ। ਅਸੀਂ ਸਿਆਸੀ ਪਾਰਟੀ ਬਣਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸੰਪਰਕ ਕਰ ਰਹੇ ਹਾਂ। ਨਾਲ ਹੀ ਸੰਪਰਕ ਕਰਕੇ ਵੱਡੇ ਪੱਧਰ ‘ਤੇ ਚੋਣ ਲੜਨ ਬਾਰੇ ਵੀ ਗੱਲਬਾਤ ਕੀਤੀ ਜਾ ਰਹੀ ਹੈ।
ਜਸਵਿੰਦਰ ਸਿੰਘ ਪੰਜਾਬ ਦੀ ਇੱਕ ਕਿਸਾਨ ਜਥੇਬੰਦੀ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਇਹ ਵੀ ਕਿਹਾ ਹੈ, ‘ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ‘ਚ ਚਰਚਾ ਹੋ ਚੁੱਕੀ ਹੈ। ਸਾਰੇ ਪ੍ਰਮੁੱਖ ਵਿਅਕਤੀਆਂ ਨੂੰ ਨਾਲ ਲੈ ਕੇ ਕਿਸਾਨ ਪਾਰਟੀ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਪ੍ਰਮੁੱਖ ਤੌਰ ‘ਤੇ ਸਮਝਿਆ ਜਾ ਰਿਹਾ ਹੈ ਕਿ ਇਸ ਵਿਚ ਹੋਰਨਾਂ ਖੇਤਰਾਂ ਦੇ ਨੁਮਾਇੰਦਿਆਂ ਅਤੇ ਪੇਸ਼ੇਵਰਾਂ ਨੂੰ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਪੰਜਾਬ ਵਿਚ ਸਿਆਸੀ ਤਬਦੀਲੀ ਲਿਆਂਦੀ ਜਾ ਸਕੇ।
ਉਨ੍ਹਾਂ ਦਾ ਕਹਿਣਾ ਹੈ, ‘ਅਸੀਂ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਖੇਤੀ ਸੰਗਠਨਾਂ ਅਤੇ ਟਰੇਡ ਯੂਨੀਅਨਾਂ ਨਾਲ ਗੱਲਬਾਤ ਕਰ ਰਹੇ ਹਾਂ। ਲੋਕ ਪਹਿਲਾਂ ਹੀ ਸਥਾਪਤ ਪਾਰਟੀਆਂ ਤੋਂ ਤੰਗ ਆ ਚੁੱਕੇ ਹਨ। ਹੁਣ ਵੱਡੇ ਬਦਲਾਅ ਦੀ ਪੂਰੀ ਸੰਭਾਵਨਾ ਹੈ। ਸੰਘਾ ਨੇ ਕਿਹਾ ਕਿ ਕਿਸਾਨ ਜੱਥੇਬੰਦੀਆਂ ਅਤੇ ਕਿਸਾਨਾਂ ਵਿੱਚ ਗੱਲਬਾਤ ਚੱਲ ਰਹੀ ਹੈ ਕਿ ਹੁਣ ਆਪਣਾ ਦਾਇਰਾ ਵਧਾ ਕੇ ਚੋਣਾਂ ਲੜੀਆਂ ਜਾਣ।
