ਪਰਮਬੀਰ ਸਿੰਘ ਨੂੰ ਗ੍ਰਿਫ਼ਤਾਰੀ ਤੋਂ ਮਿਲੀ ਰਾਹਤ, ਸੁਪਰੀਮ ਕੋਰਟ ਬੋਲਾ- ਜਾਂਚ ‘ਚ ਕਰੋ ਸਹਿਯੋਗ
1 min read
ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੋਰਟ ਨੇ ਪਰਮਬੀਰ ਸਿੰਘ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾਉਂਦੇ ਹੋਏ ਉਨ੍ਹਾਂ ਨੂੰ ਜਾਂਚ ਵਿਚ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ ਹੈ। ਉੱਥੇ ਹੀ ਸਿੰਘ ਦੇ ਵਕੀਲ ਨੇ ਕੋਰਟ ਨੂੰ ਦੱਸਿਆ ਕਿ ਉਹ ਦੇਸ਼ ਵਿਚ ਹੀ ਹਨ ਤੇ ਉਹ 48 ਘੰਟੇ ‘ਚ ਸੀਬੀਆਈ ਦੇ ਸਾਹਮਣੇ ਪੇਸ਼ ਹੋਣ ਲਈ ਤਿਆਰ ਹਨ। ਪਿਛਲੀ ਸੁਣਵਾਈ ‘ਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਪਹਿਲਾਂ ਪਰਮਬੀਰ ਸਿੰਘ ਦੱਸਣ ਕਿ ਉਹ ਕਿੱਥੇ ਹਨ, ਫਿਰ ਹੀ ਉਨ੍ਹਾਂ ਦੀ ਪਟੀਸ਼ਨ ‘ਤੇ ਸੁਣਵਾਈ ਹੋਵੇਗੀ। ਮੁੰਬਈ ਦੀ ਇਕ ਅਦਾਲਤ ਨੇ ਪਰਮਬੀਰ ਸਿੰਘ ਨੂੰ ਭਗੌੜਾ ਕਰਾਰ ਦਿੱਤਾ ਹੈ ਕਿਉਂਕਿ ਉਹ ਵਾਰ-ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਜਾਂਚ ਕਮੇਟੀ ਅੱਗੇ ਪੇਸ਼ ਨਹੀਂ ਹੋ ਰਹੇ। ਮੁੰਬਈ ਪੁਲਿਸ 100 ਕਰੋੜ ਰੁਪਏ ਦੀ ਰਿਕਵਰੀ ਦੇ ਮਾਮਲੇ ‘ਚ ਉਸ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ।
ਸੁਪਰੀਮ ਕੋਰਟ ਨੇ ਪਿਛਲੀ ਸੁਣਵਾਈ ‘ਚ ਕਿਹਾ ਸੀ ਕਿ ਸਿੰਘ ਦੀ ਸੁਰੱਖਿਆ ਦੀ ਪਟੀਸ਼ਨ ‘ਤੇ ਤਾਂ ਹੀ ਸੁਣਵਾਈ ਹੋਵੇਗੀ ਜੇਕਰ ਉਹ ਦੱਸਣ ਕਿ ਉਹ ਦੇਸ਼ ‘ਚ ਹਨ ਜਾਂ ਬਾਹਰ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ 22 ਨਵੰਬਰ ਤੱਕ ਦਾ ਸਮਾਂ ਦਿੱਤਾ ਸੀ ਤੇ ਉਨ੍ਹਾਂ ਦੇ ਵਕੀਲ ਨੂੰ ਅਗਲੀ ਸੁਣਵਾਈ ਲਈ ਉਨ੍ਹਾਂ ਦੇ ਟਿਕਾਣੇ ਬਾਰੇ ਜਾਣਕਾਰੀ ਦੇਣ ਲਈ ਕਿਹਾ ਸੀ। ਸਿੰਘ ਪਾਸੋਂ ਸੁਰੱਖਿਆ ਦੀ ਮੰਗ ਵਾਲੀ ਪਟੀਸ਼ਨ ਪਾਵਰ ਆਫ ਅਟਾਰਨੀ ਰਾਹੀਂ ਦਾਇਰ ਕੀਤੀ ਗਈ ਹੈ।ਦੱਸ ਦੇਈਏ ਕਿ ਪਰਮਬੀਰ ਸਿੰਘ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਸੁਰੱਖਿਆ ਦੀ ਮੰਗ ਕੀਤੀ ਹੈ। ਮੁੰਬਈ ਦੀ ਇਕ ਮੈਜਿਸਟ੍ਰੇਟ ਅਦਾਲਤ ਨੇ ਸਿੰਘ ਅਤੇ ਕੁਝ ਹੋਰ ਪੁਲਿਸ ਅਧਿਕਾਰੀਆਂ ਖਿਲਾਫ਼ ਦਰਜ ਜਬਰਨ ਵਸੂਲੀ ਦੇ ਮਾਮਲੇ ‘ਚ ਉਨ੍ਹਾਂ ਨੂੰ ਭਗੌੜਾ ਐਲਾਨ ਕੀਤਾ ਹੋਇਆ ਹੈ। ਸਿੰਘ ਆਖਰੀ ਵਾਰ ਇਸ ਸਾਲ ਮਈ ‘ਚ ਉਨ੍ਹਾਂ ਦੇ ਦਫਤਰ ਆਏ ਸਨ, ਜਿਸ ਤੋਂ ਬਾਅਦ ਉਹ ਛੁੱਟੀ ‘ਤੇ ਚਲੇ ਗਏ। ਸਟੇਟ ਪੁਲਿਸ ਨੇ ਪਿਛਲੇ ਮਹੀਨੇ ਬੰਬੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਉਹ ਕਿੱਥੇ ਹਨ।
