ਮੀਂਹ ਵੀ ਵਧਾਏਗਾ ਮੁਸ਼ਕਲਾਂ
1 min read
ਉੱਤਰੀ ਭਾਰਤ ‘ਚ ਠੰਢ ਨਾਲ ਜੂਝ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਦੋ ਦਿਨਾਂ ਦੌਰਾਨ ਪੂਰਬੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ ਅਗਲੇ ਚਾਰ-ਪੰਜ ਦਿਨਾਂ ਵਿੱਚ ਸੰਘਣੀ ਧੁੰਦ ਹੋਰ ਵੀ ਪ੍ਰੇਸ਼ਾਨ ਕਰਨ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ‘ਚ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ।
ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਦੇ ਉੱਚੇ ਇਲਾਕਿਆਂ ‘ਚ ਹਲਕੀ ਬਾਰਿਸ਼ ਜਾਂ ਬਰਫਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸ਼ੁੱਕਰਵਾਰ ਨੂੰ ਬਿਹਾਰ, ਝਾਰਖੰਡ, ਉੜੀਸਾ, ਪੱਛਮੀ ਬੰਗਾਲ, ਸਿੱਕਮ, ਤੇਲੰਗਾਨਾ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਹਲਕੀ ਜਾਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਦੌਰਾਨ ਪੱਛਮੀ ਹਿਮਾਲਿਆ ਖੇਤਰ, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਦੋਂ ਕਿ ਅਗਲੇ ਤਿੰਨ ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਯੂਪੀ, ਬਿਹਾਰ, ਪੱਛਮੀ ਬੰਗਾਲ ਅਤੇ ਸਿੱਕਮ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਵਧਣ ਦੀ ਸੰਭਾਵਨਾ ਹੈ।
