ਮੁੱਖ ਮੰਤਰੀ ਚੰਨੀ ਨੇ ਕਿਸਾਨ ਅੰਦੋਲਨ ‘ਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
1 min read
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੇਤੀਬਾੜੀ ਸੁਧਾਰ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸੋਮਵਾਰ ਨੂੰ ਲੁਧਿਆਣਾ ‘ਚ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਸਰਕਾਰ ਤੁਹਾਡੇ ਨਾਲ ਹੈ ਅਤੇ ਤੁਹਾਡਾ ਪੂਰਾ ਖਿਆਲ ਰੱਖਿਆ ਜਾਵੇਗਾ, ਪਰ ਅੰਦੋਲਨ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਖੁਰਾਕ ਤੇ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਮੌਜੂਦ ਸਨ।
ਪਿਛਲੇ ਸਾਲ ਕੇਂਦਰ ਸਰਕਾਰ ਵੱਲੋਂ 3 ਖੇਤੀ ਸੁਧਾਰ ਕਾਨੂੰਨ ਬਣਾਏ ਗਏ ਸਨ, ਪਰ ਇਹ ਕਿਸਾਨਾਂ ਦੇ ਅਨੁਕੂਲ ਨਹੀਂ ਸਨ ਤੇ ਕਿਸਾਨਾਂ ਨੇ ਕਰੀਬ ਇਕ ਸਾਲ ਪਹਿਲਾਂ ਇਨ੍ਹਾਂ ਖ਼ਿਲਾਫ਼ ਅੰਦੋਲਨ ਸ਼ੁਰੂ ਕਰ ਦਿੱਤਾ ਸੀ। ਇਸ ਅੰਦੋਲਨ ਦੌਰਾਨ 700 ਦੇ ਕਰੀਬ ਕਿਸਾਨਾਂ ਦੀ ਜਾਨ ਚਲੀ ਗਈ। ਆਖ਼ਰਕਾਰ ਕੇਂਦਰ ਸਰਕਾਰ ਨੂੰ ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰਨਾ ਪਿਆ। ਇਸ ਦੇ ਬਾਵਜੂਦ ਕਿਸਾਨ ਅੰਦੋਲਨ ਬਾਦਸਤੂਰ ਜਾਰੀ ਹੈ। ਪੰਜਾਬ ਸਰਕਾਰ ਅੰਦੋਲਨ ‘ਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇ ਰਹੀ ਹੈ। ਇਸੇ ਲੜੀ ਤਹਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੁਧਿਆਣਾ ਫੇਰੀ ਦੌਰਾਨ ਕੁਝ ਕਿਸਾਨ ਪਰਿਵਾਰਾਂ ਦੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਜ਼ਿਕਰਯੋਗ ਹੈ ਕਿ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਰਨ ਲੁਧਿਆਣੇ ‘ਚ ਆਗੂਆਂ ਦਾ ਘੇਰਾ ਵਧ ਗਿਆ ਹੈ। ਸੀਐਮ ਚੰਨੀ ਤੋਂ ਇਲਾਵਾ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਲੁਧਿਆਣਾ ਵਿੱਚ ਟੈਕਸੀ ਡਰਾਈਵਰਾਂ ਨਾਲ ਵੀ ਮੁਲਾਕਾਤ ਕਰਨਗੇ।
