ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਪੰਜਾਬ ਭਾਜਪਾ ਆਗੂ
1 min read
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਆਗੂਆਂ ਦਾ ਇੱਕ ਵਫ਼ਦ ਸੋਮਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲੇਗਾ। ਇਸ ਦੇ ਨਾਲ ਹੀ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦਾ ਸਮਾਂ ਵੀ ਮੰਗਿਆ ਹੈ ਅਤੇ ਸੰਭਾਵਨਾ ਹੈ ਕਿ ਉਹ ਸੋਮਵਾਰ ਸ਼ਾਮ ਨੂੰ ਭਾਜਪਾ ਆਗੂਆਂ ਨਾਲ ਮੁਲਾਕਾਤ ਕਰ ਸਕਦੇ ਹਨ।
ਪਾਕਿਸਤਾਨ ’ਚ ਸਥਿਤ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਰਿਬ ਦੇ ਦਰਸ਼ਨ-ਦੀਦਾਰ ਲਈ ਕਾਰੀਡੋਰ ਨੂੰ ਖੋਲ੍ਹਣ ਦੀ ਮੰਗ ਨੂੰ ਲੈ ਕੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ। ਉਨ੍ਹਾਂ ਨਾਲ ਪਾਰਟੀ ਆਗੂਆਂ ਦਾ ਵਫ਼ਦ ਵੀ ਸੀ। ਉਨ੍ਹਾਂ ਨੇ ਬਿਨਾਂ ਵੀਜ਼ਾ ਯਾਤਰਾ ਕਰਨ ਲਈ ਡੇਰਾ ਬਾਬਾ ਨਾਨਕ ਵਿਖੇ ਭਾਰਤ-ਪਾਕਿਸਤਾਨ ਸਰਹੱਦ ’ਤੇ ਭਾਰਤ ਸਰਕਾਰ ਵੱਲੋਂ ਬਣਾਏ ਗਏ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਦੀ ਮੰਗ ਕੀਤੀ। ਇਸ ਵਫ਼ਦ ’ਚ ਭਾਜਪਾ ਪ੍ਰਧਾਨ ਨਾਲ ਭਾਰਤੀ ਦਾ ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ, ਭਾਜਪਾ ਰਾਸ਼ਟਰੀ ਜਨਰਲ ਸਕੱਤਰ ਤੇ ਸੂਬਾ ਭਾਜਪਾ ਇੰਚਾਰਜ ਦੁਸ਼ਿਅੰਤ ਗੌਤਮ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਭਾਜਪਾ ਦੇ ਰਾਸ਼ਟਰੀ ਸਕੱਤਰ ਤੇ ਸੂਬਾ ਭਾਜਪਾ ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ, ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ, ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਰਜਿੰਦਰ ਮੋਹਨ ਸਿੰਘ ਛੀਨਾ, ਹਰਜੀਤ ਸਿੰਘ ਗਰੇਵਾਲ, ਸੰਤੋਖ ਸਿੰਘ ਗੁਮਟਾਲਾ, ਵਿਕਰਮਜੀਤ ਸਿੰਘ ਚੀਮਾ ਆਦਿ ਹਾਜ਼ਰ ਸਨ
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਮਹੀਨੇ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਆ ਰਿਹਾ ਹੈ। ਨਾਨਕ ਨਾਮ ਲੇਵਾ ਸੰਗਤ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਮੰਗ ਕਰ ਰਹੇ ਹਨ, ਜਿਸ ਕੋਵਿਡ ਦੇ ਚੱਲਦਿਆਂ ਬੰਦ ਕਰ ਦਿੱਤਾ ਗਿਆ ਸੀ। ਸ਼ਰਮਾ ਨੇ ਕਿਹਾ ਕਿ ਨਾਨਕ ਨਾਮ ਲੇਵਾ ਸੰਗਤ ਸਮੇਤ ਅਸੀਂ ਸਾਰੇ ਵਿਛਡ਼ੇ ਗੁਰਧਾਮਾਂ ਦੇ ਦਰਸ਼ਨਾਂ ਲਈ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਅਰਦਾਸ ਕਰਦੇ ਹਾਂ। ਸ਼ਰਮਾ ਨੇ ਕਿਹਾ ਕਿ ਕਾਂਗਰਸ ਦੀਆਂ ਗ਼ਲਤ ਨੀਤੀਆਂ ਕਾਰਨ ਦੇਸ਼ ਦੀ ਆਜ਼ਾਦੀ ਵੇਲੇ ਪਾਕਿਸਤਾਨ ਸਰਹੱਦ ਤੋਂ ਮਹਿਜ਼ 4.7 ਕਿਲੋਮੀਟਰ ਅੰਦਰ ਸਥਿਤ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ’ਚ ਛੱਡ ਦਿੱਤਾ ਗਿਆ ਸੀ ਜੋ ਕਿ ਭਾਰਤ ਦਾ ਹਿੱਸਾ ਹੋਣਾ ਚਾਹੀਦਾ ਸੀ। 60 ਸਾਲਾਂ ਤਕ ਤੱਤਕਾਲੀ ਕਾਂਗਰਸ ਸਰਕਾਰਾਂ ਵੱਲੋਂ ਨਾਨਕ ਨਾਮ ਲੇਵਾ ਸੰਗਤ ਦੀ ਅਰਦਾਸ਼ ਨੂੰ ਅਣਦੇਖੀ ਕੀਤੀ ਜਾਂਦੀ ਰਹੀ। 2014 ’ਚ ਕੇਂਦਰ ’ਚ ਭਾਜਪਾ ਸਰਕਾਰ ਬਣਨ ਪਿੱਛੋਂ ਇਸ ਪਾਸੇ ਯਤਨ ਸ਼ੁਰੂ ਕੀਤੇ ਗਏ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ, ਪੰਜਾਬੀਅਤ ਤੇ ਸਿੱਖਾਂ ਨਾਲ ਨਾਲ ਵਿਸ਼ੇਸ਼ ਲਗਾਅ ਹੈ ਅਤੇ ਉਨ੍ਹਾਂ ਨੇ ਕਰਤਾਰਪੁਰ ਲਾਂਘੇ ਦਾ ਨਿਰਮਾਣ ਸ਼ੁਰੂ ਕਰਵਾਇਆ। ਸੰਗਤਾਂ ਦੀ ਅਰਦਾਸ ਨੂੰ ਪੂਰਾ ਕਰਦਿਆਂ 9 ਨਵੰਬਰ 2019 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਕੇਂਦਰ ਵੱਲੋਂ ਇਸ ਨੂੰ ਖੋਲ੍ਹ ਦਿੱਤਾ ਗਿਆ। ਪਿਛਲੇ ਕਰੀਬ ਡੇਢ ਸਾਲ ਤੋਂ ਕੋਵਿਡ ਮਹਾਮਾਰੀ ਕਾਰਨ ਇਹ ਲਾਂਘਾ ਬੰਦ ਹੈ ਅਤੇ ਭਾਰਤ ਤੋਂ ਤੀਰਥ ਯਾਤਰੀ ਮੱਥਾ ਟੇਕਣ ਲਈ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨਹੀਂ ਜਾ ਪਾ ਰਹੇ ਹਨ। ਅਸ਼ਵਨੀ ਸ਼ਰਮਾ ਦੀ ਅਗਵਾਈ ’ਚ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਸ ਲਾਂਘੇ ਨੂੰ ਦੁਬਾਰਾ ਖੋਲ੍ਹ ਕੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਦਰਸ਼ਨ-ਦੀਦਾਰ ਲਈ ਤੋਹਫ਼ਾ ਦੇਣ। ਸ਼ਰਮਾ ਨੇ ਕਿਹਾ ਕਿ ਭਾਜਪਾ ਵੱਲੋਂ ਕੀਤੀ ਗਈ ਮੰਗ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਹੁਤ ਹੀ ਗੰਭੀਰਤਾ ਨਾਲ ਸੁਣਿਆ ਹੈ ਤੇ ਛੇਤੀ ਹੀ ਵਿਚਾਰ ਕਰ ਕੇ ਇਸ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ।
