ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਵੀ ਪੁੱਜੇ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ
1 min read
ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਤੇ ਰਿਵਾਈਜ਼ਡ ਟੈੱਟ ਮੈਰਿਟ ਹੋਲਡਰ ਬੇਰੁਜ਼ਗਾਰ ਅਧਿਆਪਕਾਂ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਬਾਹਰ ਸੰਘਰਸ਼ ਕਰਨ ਦੌਰਾਨ ਅੱਜ ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਵੀ ਧਰਨਾ ਲਾ ਦਿੱਤਾ ਹੈ। ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ ਕਰੀਬ 20 ਸਾਲਾਂ ਤੋਂ ਸਰਕਾਰੀ ਕਾਲਜਾਂ ਵਿਚ ਬਤੌਰ ਗੈਸਟ ਫੈਕਲਟੀ/ ਪਾਰਟ ਟਾਈਮ/ਕੰਟਰੈਕਟ ਉੱਤੇ ਕੰਮ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਸਹਾਇਕ ਪ੍ਰੋਫੈਸਰਾਂ ਵਿਰੁੱਧ ਅਪਣਾਈਆ ਮਾਰੂ ਨੀਤੀਆਂ ਕਾਰਨ ਉਨ੍ਹਾਂ ਨੂੰ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਹਰਮਿੰਦਰ ਸਿੰਘ ਡਿੰਪਲ ਨਾਭਾ ਅਤੇ ਯੂਨੀਅਨ ਦੇ ਮੋਹਤਬਰ ਮੈਂਬਰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਸਰਕਾਰ ਦੇ ਵੱਖ ਵੱਖ ਕੈਬਨਿਟ ਮੰਤਰੀਆਂ, ਪਰਗਟ ਸਿੰਘ ਉਚੇਰੀ ਸਿੱਖਿਆ ਮੰਤਰੀ, ਤਿਰਪਤ ਰਜਿੰਦਰ ਸਿੰਘ ਬਾਜਵਾ ਪੰਚਾਇਤ ਮੰਤਰੀ, ਸੀ ਵਿਜੈ ਇੰਦਰ ਸਿੰਗਲਾ ਆਦਿ ਮੰਤਰੀਆਂ ਨੂੰ ਕਈ ਵਾਰ ਮਿਲ ਚੁੱਕੇ ਹਨ ਅਤੇ 906 ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਨੌਕਰੀਆਂ ਨੂੰ ਬਿਨਾਂ ਕਿਸੇ ਸ਼ਰਤ ਸੁਰੱਖਿਅਤ ਕਰਨ ਦੀ ਗੱਲ ਕਰਦੇ ਰਹੇ ਹਨ ਅਤੇ ਸਾਰੇ ਮੰਤਰੀ ਨੇ ਉਪਰੋਕਤ ਸਮੱਸਿਆਵਾਂ ਦਾ ਜਲਦੀ ਹੱਲ ਕਰਨ ਦੀ ਗੱਲ ਕਹੀ ਪਰ ਹਾਲੇ ਤੱਕ ਵਾਅਦੇ ਪੂਰੇ ਨਹੀਂ ਕੀਤੇ। ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਪੰਜਾਬ ਸਰਕਾਰ ਪੱਤਰ ਜਾਰੀ ਕਰਕੇ 906 ਗੈਸਟ ਫੈਕਲਟੀ/ਪਾਰਟ ਟਾਈਮ/ਕੰਟਰੈਕਟ ਸਹਾਇਕ ਪ੍ਰੋਫੈਸਰਾਂ ਦੀਆਂ ਨੌਕਰੀਆਂ ਨੂੰ ਬਿਨਾਂ ਕਿਸੇ ਸ਼ਰਤ ਸੁਰੱਖਿਅਤ ਨਹੀਂ ਕਰਦੀ। ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਪ੍ਰੋਫੈਸਰ ਹਰਮਿੰਦਰ ਸਿੰਘ ਡਿੰਪਲ ਨਾਭਾ, ਪ੍ਰੋ ਲਖਵਿੰਦਰ ਸਿੰਘ ਨਾਭਾ, ਪ੍ਰੋ ਨਰਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।
