ਸੁਮੇਧ ਸੈਣੀ ਨੂੰ ਬਚਾਅ ਰਹੀ ਹੈ ਚੰਨੀ ਸਰਕਾਰ : ਢੀਂਡਸਾ
1 min read
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ’ਤੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਬਚਾਉਣ ਦੇ ਦੋਸ਼ ਲਗਾਏ ਹਨ। ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸੁਮੇਧ ਸੈਣੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦਰਜ ਕੀਤੇ ਗਏ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਮਾਮਲੇ ਦੀ ਹੋਈ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਸੁਮੇਧ ਸੈਣੀ ਦੀ ਅੰਤ੍ਰਿਮ ਜ਼ਮਾਨਤ ਦਾ ਵਿਰੋਧ ਕਰਨ ਦੇ ਬਜਾਏ ਉਸ ਦੀ ਜ਼ਮਾਨਤ ਵਿਚ ਮਦਦ ਕੀਤੀ ਹੈ। ਹਾਈਕੋਰਟ ਵਿਚ ਸਰਕਾਰੀ ਵਕੀਲ ਵੱਲੋਂ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ’ਤੇ ਕੋਈ ਵਿਰੋਧ ਨਾ ਜਤਾਏ ਜਾਣ ਕਾਰਨ ਹੀ ਉਸ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲੀ ਹੈ ਜਿਸ ਨਾਲ ਇਹ ਸਿੱਧ ਹੁੰਦਾ ਹੈ ਕਿ ਚੰਨੀ ਸਰਕਾਰ ਵੀ ਇਸ ਮਾਮਲੇ ਵਿੱਚ ਪਿਛਲੀ ਸਰਕਾਰ ਦੀ ਤਰ੍ਹਾਂ ਪੰਜਾਬ ਵਾਸੀਆ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਕੰਮ ਕਰ ਰਹੀ ਹੈ।
ਢੀਂਡਸਾ ਨੇ ਕਿਹਾ ਕਿ ਚੰਨੀ ਸਰਕਾਰ ਵੱਲੋਂ ਇਸ ਮਾਮਲੇ ਵਿਚ ਵੀ ਸੁਮੇਧ ਸੈਣੀ ਨੂੰ ਸੁਰੱਖਿਅਤ ਲਾਂਘਾ ਦੇ ਦਿੱਤਾ ਗਿਆ ਹੈ ਅਤੇ ਸੁਮੇਧ ਸੈਣੀ ਖਿਲਾਫ਼ ਦਿਖਾਈ ਨਰਮੀ ਨੇ ਇਹ ਗੱਲ ਸਿੱਧ ਕਰ ਦਿੱਤੀ ਹੈ ਕਿ ਚੰਨੀ ਸਰਕਾਰ ਵਿਚ ਸਿੱਖ ਕੌਮ ਨੂੰ ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀ ਕਾਂਡ ਵਿਚ ਇਨਸਾਫ਼ ਮਿਲਣਾ ਮੁਸ਼ਕਲ ਹੈ।
