ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ,ਕਾਰ ਚਾਲਕ ਖਿਲਾਫ਼ ਮੁਕੱਦਮਾ ਦਰਜ
1 min read
ਮੋਟਰਸਾਈਕਲ ਤੇ ਸਵਾਰ ਹੋ ਕੇ ਬਾਘਾਪੁਰਾਣਾ ਤੋਂ ਸਾਹਨੇਵਾਲ ਆ ਰਹੇ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ।ਇਸ ਮਾਮਲੇ ਵਿਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਬੇਅੰਤ ਸਿੰਘ ਦੇ ਬਿਆਨਾਂ ਉਪਰ ਸਵਿਫਟ ਕਾਰ ਚਾਲਕ ਜੋਧੇਵਾਲ ਲੁਧਿਆਣਾ ਦੇ ਰਹਿਣ ਵਾਲੇ ਸੁਖਜਿੰਦਰ ਸਿੰਘ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ ।ਪੁਲਿਸ ਨੇ ਬਾਘਾ ਪੁਰਾਣਾ ਦੇ ਰਹਿਣ ਵਾਲੇ ਜੀਤ ਸਿੰਘ (55) ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ।ਇਸ ਮਾਮਲੇ ਸਬੰਧੀ ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪਿੰਡ ਬੀਜਾ ਖੰਨਾ ਦੇ ਰਹਿਣ ਵਾਲੇ ਬੇਅੰਤ ਸਿੰਘ ਨੇ ਦੱਸਿਆ ਉਸ ਦਾ ਮਾਮਾ ਜੀਤ ਸਿੰਘ ਆਪਣੇ ਦੋਸਤ ਕੁਲਵਿੰਦਰ ਸਿੰਘ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਬਾਘਾ ਪੁਰਾਣਾ ਤੋਂ ਸਾਹਨੇਵਾਲ ਆ ਰਿਹਾ ਸੀ । ਜਿਸ ਤਰ੍ਹਾਂ ਹੀ ਉਹ ਪਿੰਡ ਧਰੋਡ਼ ਦੇ ਕੋਲ ਪਹੁੰਚੇ ਤਾਂ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ।ਹਾਦਸੇ ਦੇ ਦੌਰਾਨ ਜੀਤ ਸਿੰਘ ਬੁਰੀ ਤਰ੍ਹਾਂ ਫੱਟੜ ਹੋ ਗਿਆ ,ਜਿਸਨੂੰ ਮੈਡੀਸਿਟੀ ਹਸਪਤਾਲ ਦਾਖ਼ਲ ਕਰਵਾਇਆ ਗਿਆ । ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ ਤੇ ਸੱਟਾਂ ਲੱਗਣ ਕਾਰਨ ਜੀਤ ਸਿੰਘ ਦੀ ਮੌਤ ਹੋ ਗਈ ।ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਭੁਪਿੰਦਰ ਕੁਮਾਰ ਦਾ ਕਹਿਣਾ ਹੈ ਕਿ ਪੁਲਿਸ ਕਾਰ ਚਾਲਕ ਸੁਖਜਿੰਦਰ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਪਡ਼ਤਾਲ ਸ਼ੁਰੂ ਕਰ ਦਿੱਤੀ ਹੈ ।
